Weather Update: ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਹਵਾਵਾਂ ਕਾਰਨ ਅਗਲੇ ਦਿਨਾਂ ਵਿਚ ਤਾਪਮਾਨ ਡਿੱਗਣ ਦੀ ਸੰਭਾਵਨਾ
ਪੰਜਾਬ ਅਤੇ ਹਰਿਆਣਾ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਤੇ ਝੱਖੜ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਇਨ੍ਹਾਂ ਸੂਬਿਆਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਭਾਰਤੀ ਮੌਸਮ ਵਿਭਾਗ ਦੇ ਵਿਗਿਆਨੀ ਅਖਿਲ ਸ੍ਰੀਵਾਸਤਵ ਨੇ ਦੱਸਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਉੱਤਰੀ ਭਾਰਤ ਵਿੱਚ ਪਿਛਲੇ 15 ਦਿਨਾਂ ਤੋਂ ਲਗਾਤਾਰ ਲੂ ਚੱਲ ਰਹੀ ਸੀ ਪਰ ਰਾਤ ਵੇਲੇ ਮੀਂਹ ਪੈਣ ਕਾਰਨ ਅੱਜ ਕੁਝ ਰਾਹਤ ਮਿਲੀ। ਹੁਣ ਇੱਕ ਨਵੀਂ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲਿਆ ਅਤੇ ਇਸ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਬਦਲਣ ਵਾਲਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਗਰਜ-ਚਮਕ ਨਾਲ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਅਤੇ ਐਨ.ਸੀ.ਆਰ. ਦੇ ਇਲਾਕਿਆਂ ਵਿੱਚ ਵੀ ਹਲਕੀ ਬਾਰਿਸ਼ ਅਤੇ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ, ਜਿਸ ਨਾਲ ਉੱਥੇ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਆ ਸਕਦਾ ਹੈ।
ਦੇਸ਼ ਦੇ ਪੂਰਬੀ ਹਿੱਸਿਆਂ ਬਿਹਾਰ, ਗੰਗਾ ਦੇ ਨਾਲ ਲੱਗਦੇ ਪੱਛਮੀ ਬੰਗਾਲ, ਓੜੀਸਾ ਅਤੇ ਝਾਰਖੰਡ ਵਿੱਚ ਭਾਰੀ ਤੂਫ਼ਾਨ ਦਾ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਵੀ ਹੋ ਸਕਦੀ ਹੈ। ਦੂਜੇ ਪਾਸੇ, ਉੱਤਰ-ਪੂਰਬੀ ਭਾਰਤ ਦੇ ਰਾਜਾਂ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਕਿਉਂਕਿ ਉੱਥੇ ਅਗਲੇ ਇੱਕ ਹਫ਼ਤੇ ਦੌਰਾਨ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹੋਰ ਰਾਜਾਂ ਵਿੱਚ ਲੂ ਦੀ ਸਥਿਤੀ ਅਤੇ ਸਿਹਤ ਵਿਭਾਗ ਦੀ ਤਿਆਰੀ
ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ ਅਤੇ ਮਰਾਠਵਾੜਾ ਦੇ ਕੁਝ ਹਿੱਸਿਆਂ ਵਿੱਚ ਲੂ ਦੀ ਸਥਿਤੀ ਬਣੀ ਰਹੇਗੀ ਪਰ ਜਲਦੀ ਹੀ ਉੱਥੇ ਵੀ ਹਾਲਾਤ ਸੁਧਰਨ ਦੀ ਉਮੀਦ ਹੈ। ਇਸ ਦੌਰਾਨ ਕੇਂਦਰੀ ਸਿਹਤ ਸਕੱਤਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਗਰਮੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਹੈ। ਹਸਪਤਾਲਾਂ ਨੂੰ ਗਰਮੀ (ਹੀਟ ਸਟ੍ਰੋਕ) ਦੇ ਮਰੀਜ਼ਾਂ ਲਈ ਵਿਸ਼ੇਸ਼ ਯੂਨਿਟ ਬਣਾਉਣ, ਐਂਬੂਲੈਂਸਾਂ ਨੂੰ ਤਿਆਰ ਰੱਖਣ ਅਤੇ ਲੋਕਾਂ ਨੂੰ ਸਮੇਂ ਸਿਰ ਚੇਤਾਵਨੀ ਦੇਣ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।