West Asia Conflict: CBSE ਬਾਰ੍ਹਵੀਂ ਜਮਾਤ ਦੀਆਂ 11 ਮਾਰਚ ਤੱਕ ਦੀਆਂ ਪ੍ਰੀਖਿਆਵਾਂ ਮੁਲਤਵੀ
ਪੱਛਮੀ ਏਸ਼ੀਆ ਵਿੱਚ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ CBSE ਨੇ ਸੱਤ ਦੇਸ਼ਾਂ ਬਹਿਰੀਨ, ਇਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂ.ਏ.ਈ. ਵਿੱਚ 9, 10 ਅਤੇ 11 ਮਾਰਚ 2026 ਨੂੰ ਹੋਣ ਵਾਲੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਸੀ.ਬੀ.ਐਸ.ਈ. ਮੁਤਾਬਕ ਇਨ੍ਹਾਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। 10 ਮਾਰਚ ਨੂੰ ਸਥਿਤੀ ਦੀ ਮੁੜ ਸਮੀਖਿਆ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਅਗਲੀਆਂ ਪ੍ਰੀਖਿਆਵਾਂ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਇਸ ਦੌਰਾਨ ਸਥਾਨਕ ਪੁਲੀਸ ਅਤੇ ਪ੍ਰਸ਼ਾਸਨ ਵੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚੌਕਸ ਹੈ।
ਸੀ.ਬੀ.ਐੱਸ.ਈ. ਨੇ ਸਪੱਸ਼ਟ ਕੀਤਾ ਹੈ ਕਿ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਹਾਲਾਤ ਆਮ ਵਰਗੇ ਹੋਣ ‘ਤੇ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕਿਸੇ ਵੀ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਬੋਰਡ ਦੀ ਅਧਿਕਾਰਤ ਵੈੱਬਸਾਈਟ (www.cbse.gov.in) ‘ਤੇ ਦਿੱਤੀ ਗਈ ਜਾਣਕਾਰੀ ਨੂੰ ਹੀ ਸਹੀ ਮੰਨਣ। ਬੋਰਡ ਵੱਲੋਂ ਸਬੰਧਤ ਸਕੂਲਾਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ।