India latest news

West Bengal Assembly dissolved: ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ ਬੈਨਰਜੀ ਨਹੀਂ ਰਹੀ ਮੁੱਖ ਮੰਤਰੀ

West Bengal Assembly dissolved: ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ ਬੈਨਰਜੀ ਨਹੀਂ ਰਹੀ ਮੁੱਖ ਮੰਤਰੀ
  • PublishedMay 7, 2026

ਪੱਛਮੀ ਬੰਗਾਲ ਦੇ ਰਾਜਪਾਲ ਆਰ.ਐੱਨ. ਰਵੀ ਨੇ ਵੀਰਵਾਰ ਨੂੰ ਇੱਕ ਵੱਡਾ ਸੰਵਿਧਾਨਕ ਕਦਮ ਚੁੱਕਦਿਆਂ ਰਾਜ ਵਿਧਾਨ ਸਭਾ ਨੂੰ ਭੰਗ ਕਰ ਦਿੱਤਾ ਹੈ। ਇਹ ਫੈਸਲਾ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਚੋਣਾਂ ਵਿੱਚ ਹਾਰ ਦੇ ਬਾਵਜੂਦ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਲਿਆ ਗਿਆ ਹੈ। ਰਾਜਪਾਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174(2)(b) ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦਿਆਂ 7 ਮਈ, 2026 ਤੋਂ 17ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਹੈ, ਜਿਸ ਨਾਲ ਹੁਣ 18ਵੀਂ ਵਿਧਾਨ ਸਭਾ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ।

ਹਾਲ ਹੀ ਵਿੱਚ ਸੰਪੰਨ ਹੋਈਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 293 ਵਿੱਚੋਂ 207 ਸੀਟਾਂ ਜਿੱਤ ਕੇ ਇਤਿਹਾਸਕ ਬਹੁਮਤ ਹਾਸਲ ਕੀਤਾ ਹੈ। ਇਸ ਜਿੱਤ ਨਾਲ ਬੰਗਾਲ ਵਿੱਚ 15 ਸਾਲਾਂ ਤੋਂ ਚੱਲ ਰਿਹਾ ਮਮਤਾ ਬੈਨਰਜੀ ਦਾ ਸ਼ਾਸਨ ਖ਼ਤਮ ਹੋ ਗਿਆ ਹੈ। ਹਾਲਾਂਕਿ, ਮਮਤਾ ਬੈਨਰਜੀ ਨੇ ਕਰੀਬ 100 ਸੀਟਾਂ ‘ਤੇ ‘ਵੋਟ ਚੋਰੀ’ ਦਾ ਦੋਸ਼ ਲਾਉਂਦਿਆਂ ਹਾਰ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜ਼ਬਰਦਸਤੀ ਹਰਾਇਆ ਗਿਆ ਹੈ। ਉਨ੍ਹਾਂ ਦੇ ਅਸਤੀਫਾ ਨਾ ਦੇਣ ਕਾਰਨ ਹੀ ਰਾਜਪਾਲ ਨੂੰ ਵਿਧਾਨ ਸਭਾ ਭੰਗ ਕਰਨ ਦਾ ਸਖ਼ਤ ਫੈਸਲਾ ਲੈਣਾ ਪਿਆ।

ਦੂਜੇ ਪਾਸੇ, ਭਾਜਪਾ ਨੇ ਸਰਕਾਰ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਰਾਤ ਨੂੰ ਕੋਲਕਾਤਾ ਪਹੁੰਚ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। 9 ਮਈ ਨੂੰ ਰਬਿੰਦਰ ਜਯੰਤੀ ਦੇ ਮੌਕੇ ‘ਤੇ ਕੋਲਕਾਤਾ ਦੇ ਬ੍ਰਿਗੇਡ ਮੈਦਾਨ ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੁਰੱਖਿਆ ਦੇ ਮੱਦੇਨਜ਼ਰ ਬ੍ਰਿਗੇਡ ਮੈਦਾਨ ਦੇ ਬਾਹਰ ਕੇਂਦਰੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।