ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ- 43 ਵਿੱਚ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬਾਅਦ ਵੀ ਪੂਰੇ ਨਹੀਂ ਹੋ ਸਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ-2025 ਅਤੇ ਸੀਡ ਬਿਲ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੋਵਾਂ ਬਿਲਾਂ ਨੂੰ ਵਾਪਸ ਕਰਵਾਉਣ ਲਈ ਪੈਰਵੀ ਕਰੇ। ਇਸ ਲਈ ਪੰਜਾਬ ਵਿਧਾਨ ਸਭਾ ਵਿੱਚ ਦੋਵਾਂ ਬਿਲਾਂ ਵਿਰੁੱਧ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਵੇ।
ਕਿਸਾਨ ਆਗੂਆਂ ਨੇ ਵੱਖ-ਵੱਖ ਦੇਸ਼ਾਂ ਨਾਲ ਕੀਤੇ ਜਾ ਰਹੇ ਕਰ ਮੁਕਤ ਸਮਝੌਤਿਆਂ ਵਿੱਚੋਂ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖੇ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਰ ਮੁਕਤ ਸਮਝੌਤਿਆਂ ਵਿੱਚ ਖੇਤੀ ਤੇ ਸਹਾਇਕ ਧੰਦਿਆਂ ਨੂੰ ਸ਼ਾਮਲ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਉਸ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਘੱਟ ਹੈ। ਕਿਸਾਨਾਂ ਨੇ ਸੂਬਾ ਸਰਕਾਰ ਤੋਂ ਫ਼ਸਲਾਂ ਦੇ ਖਰਾਬੇ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕਿਸਾਨਾਂ ਨੇ ਗੰਨੇ ਦੇ ਭਾਅ ਨੂੰ 416 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਫੈਸਲੇ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦਾ ਭਾਅ 500 ਰੁਪਏ ਕੁਇੰਟਲ ਕੀਤਾ ਜਾਵੇ। ਮੋਰਚਾ ਦੇ ਆਗੂਆਂ ਨੇ ਕਿਸਾਨਾਂ ਦੇ ਕਰਜ਼ਾ ਮੁਆਫ਼ ਕਰਨ, ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਰੱਦ ਕਰਨ ਅਤੇ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਵਿਰੁੱਧ ਸਖਤੀ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ।