ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਲਈ ਨਿਰਦੇਸ਼ ਜਾਰੀ
ਪੰਜਾਬ ਰਾਜ ਚੋਣ ਕਮਿਸ਼ਨ ਨੇ ਵਿਰੋਧੀ ਧਿਰਾਂ ਦੇ ਬੈਲਟ ਪੇਪਰਾਂ ਦੀ ਦੁਰਵਰਤੋਂ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਬੈਲਟ ਪੇਪਰਾਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਲਜ਼ਾਮ ਲਾਏ ਸਨ ਕਿ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਲਈ ਪਹਿਲਾਂ ਹੀ ਫ਼ਰਜ਼ੀ ਬੈਲਟ ਪੇਪਰ ਪੰਜਾਬ ਪੁੱਜ ਗਏ ਹਨ ਤਾਂ ਜੋ ‘ਆਪ’ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ। ਕਾਂਗਰਸੀ ਵਿਧਾਇਕ ਅਰੁਣਾ ਚੌਧਰੀ ਨੇ ਵੀ ਚੋਣ ਕਮਿਸ਼ਨ ਕੋਲ ਫ਼ਰਜ਼ੀ ਬੈਲਟ ਪੇਪਰਾਂ ਦਾ ਖ਼ਦਸ਼ਾ ਜ਼ਾਹਿਰ ਕੀਤਾ ਸੀ।
ਰਾਜ ਚੋਣ ਕਮਿਸ਼ਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਦੀ ਕਾਪੀ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਵੀ ਭੇਜ ਦਿੱਤੀ ਹੈ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਹਦਾਇਤ ਕੀਤੀ ਹੈ ਕਿ ਅਧਿਕਾਰਤ ਪ੍ਰਿੰਟਿੰਗ ਪ੍ਰੈੱਸਾਂ ਤੋਂ ਛਪੇ ਬੈਲਟ ਪੇਪਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਬੈਲਟ ਪੇਪਰਾਂ ਦਾ ਹਰ ਤਰ੍ਹਾਂ ਦਾ ਰਿਕਾਰਡ ਰੱਖਿਆ ਜਾਵੇ। ਇਹ ਰਿਟਰਨਿੰਗ ਅਫ਼ਸਰ ਪ੍ਰਿੰਟਿੰਗ ਪ੍ਰੈੱਸਾਂ ਤੋਂ ਇਕੱਤਰ ਕਰਨ ਅਤੇ ਸੁਰੱਖਿਅਤ ਤਰੀਕੇ ਨਾਲ ਰੱਖਣ। ਹਰ ਬੈਲਟ ਪੇਪਰ ’ਤੇ ਸੀਰੀਅਲ ਨੰਬਰ ਹੋਵੇਗਾ। ਹਰ ਬੈਲਟ ਪੇਪਰ ਪ੍ਰੀਜ਼ਾਈਡਿੰਗ ਅਫ਼ਸਰ ਦਸਤਖ਼ਤ ਕਰਕੇ ਵੋਟਰ ਨੂੰ ਦੇਵੇਗਾ।