latest news Punjab

ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ’ਤੇ ਪਾਬੰਦੀ ਹੁਣ ਲਾਗੂ: ਮਾਨ

ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ’ਤੇ ਪਾਬੰਦੀ ਹੁਣ ਲਾਗੂ: ਮਾਨ
  • PublishedDecember 21, 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਹੁਣ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਦਾ ਗਲਿਆਰਾ ਖੇਤਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਮੀਟ, ਤੰਬਾਕੂ, ਸ਼ਰਾਬ, ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਪਾਬੰਦੀ ਲਾਗੂ ਹੋ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਸਿੱਖਾਂ ਵਿੱਚ ਸਤਿਕਾਰਯੋਗ ਤਿੰਨ ਸਥਾਨਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਹੁਣ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਬਾਅਦ ਲਾਗੂ ਹੋ ਗਿਆ ਹੈ।

ਪਿਛਲੇ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਗਿਆ ਸੀ। ਇਹ ਸੈਸ਼ਨ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਸੱਦਿਆ ਗਿਆ ਸੀ।

ਸੂਬਾ ਸਰਕਾਰ ਵੱਲੋਂ ਬਾਅਦ ਵਿੱਚ 15 ਦਸੰਬਰ ਨੂੰ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ ਦੇ ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਗਲਿਆਰਾ ਖੇਤਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਆਪਣੇ ਵੀਡੀਓ ਸੰਦੇਸ਼ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਹਨ, ਜਿਨ੍ਹਾਂ ਵਿੱਚੋਂ ਤਿੰਨ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਪੰਜਾਬ ਵਿੱਚ ਹਨ।

 

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸ਼ਹਿਰਾਂ ਵਿਚ ਸਾਰੇ ਜ਼ਰੂਰੀ ਪ੍ਰਬੰਧ ਕਰੇਗੀ ਅਤੇ ਈ-ਰਿਕਸ਼ਾ, ਮਿੰਨੀ-ਬੱਸਾਂ, ਸ਼ਟਲ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਸੇਵਾਵਾਂ ਸਮੇਤ ਹੋਰ ਸਹੂਲਤਾਂ ਪ੍ਰਦਾਨ ਕਰੇਗੀ। ਸਰਕਾਰ ਇਹ ਯਕੀਨੀ ਬਣਾਏਗੀ ਕਿ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ਼ਹਿਰਾਂ ਵਿੱਚ ਹੁਣ ਸਖ਼ਤ ਨਿਯਮ ਲਾਗੂ ਹੋਣਗੇ। ਮਾਸ, ਸ਼ਰਾਬ, ਤੰਬਾਕੂ ਅਤੇ ਕਿਸੇ ਵੀ ਨਸ਼ੀਲੇ ਪਦਾਰਥ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।