latest news Punjab

ਵਿਵਾਦਿਤ ਵੀਡੀਓ : ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਪੰਜਾਬ ਪੁਲੀਸ ਕੋਲ ਲਿਖਤੀ ਸ਼ਿਕਾਇਤ

ਵਿਵਾਦਿਤ ਵੀਡੀਓ : ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਪੰਜਾਬ ਪੁਲੀਸ ਕੋਲ ਲਿਖਤੀ ਸ਼ਿਕਾਇਤ
  • PublishedJuly 3, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵਿਵਾਦਿਤ ਵੀਡੀਓ ਦੇ ਮਾਮਲੇ ’ਚ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲੀਸ ਏ.ਐੱਸ.ਰਾਏ ਇਹ ਸ਼ਿਕਾਇਤ ਦੇ ਕੇ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਵਿਵਾਦਿਤ ਵੀਡੀਓ ਕਾਰਨ ਦੇਸ਼ ਵਿਦੇਸ਼ ’ਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਵਫ਼ਦ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ ਗਈ, ਜਿਸ ਸਬੰਧੀ ਹਰਿਆਣਾ ’ਚ ਗੁਰੂ ਗ੍ਰਾਮ ਦੇ ਡੀ.ਐੱਲ.ਐੱਫ਼. ਥਾਣੇ ਵਿਚ ਸਬੰਧਿਤ ਵਿਅਕਤੀਆਂ ਵਿਰੁੱਧ ਐੱਫ਼.ਆਈ.ਆਰ. ਵੀ ਦਰਜ ਹੋ ਚੁੱਕੀ ਹੈ।

ਵਫ਼ਦ ਨੇ ਮੰਗ ਕੀਤੀ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਤੁਰੰਤ ਐੱਫ਼.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਿਆਦਾ ਬਰਕਰਾਰ ਰਹੇ।